Thursday, November 21, 2024
6.8 C
Vancouver

ਕੈਨੇਡਾ ਸਰਕਾਰ ਨੇ ਵਿਦਿਆਰਥੀ ਵੀਜ਼ੇ ਨੂੰ ਲੈ ਕੇ ਕੀਤੇ ਐਲਾਨ ਦਾ ਵਿਦਿਆਰਥੀਆਂ ‘ਤੇ ਕੀ ਪਵੇਗਾ ਪ੍ਰਭਾਵ 

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵਿਦਿਆਰਥੀ ਵੀਜ਼ੇ ਨੂੰ ਲੈ ਕੇ ਅਹਿਮ ਐਲਾਨ ਕੀਤਾ ਹੈ, ਜਿਸ ਨਾਲ ਕੌਮਾਂਤਰੀ ਵਿਦਿਆਰਥੀਆਂ ਦੀ ਮੁਸ਼ਕਲਾਂ ਵਧ ਸਕਦੀਆਂ ਹਨ।
ਉਨ੍ਹਾਂ ਨੇ ਕਿਹਾ ਹੈ ਕਿ ਉਹ ਅਗਲੇ ਸਾਲ ਵਿਦੇਸ਼ੀ ਵਿਦਿਆਰਥੀਆਂ ਦੇ ਵੀਜ਼ਾ ਵਿੱਚ ਹੋਰ ਕਟੌਤੀ ਕਰਨਗੇ।
ਜਸਟਿਨ ਟਰੂਡੋ ਨੇ ਆਪਣੇ ਐਕਸ (ਪਹਿਲਾ ਟਵਿੱਟਰ) ‘ਤੇ ਲਿਖ ਕੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਉਹ ਅਗਲੇ ਸਾਲ ਵਿਦਿਆਰਥੀ ਵੀਜ਼ਾ ਵਿੱਚ ਹੋਰ ਕਟੌਤੀ ਕਰਨ ਜਾ ਰਹੇ ਹਨ।
ਉਨ੍ਹਾਂ ਨੇ ਲਿਖਿਆ ਹੈ, “ਇਸ ਸਾਲ ਅਸੀਂ 35 ਫੀਸਦ ਘੱਟ ਕੌਮਾਂਤਰੀ ਵਿਦਿਆਰਥੀਆਂ ਨੂੰ ਪਰਮਿਟ ਦਿੱਤੇ ਹਨ। ਅਗਲੇ ਸਾਲ ਇਹ ਗਿਣਤੀ 10 ਫੀਸਦ ਹੋਰ ਘਟਾਈ ਜਾਵੇਗੀ।”
ਉਨ੍ਹਾਂ ਨੇ ਅੱਗੇ ਲਿਖਿਆ ਹੈ, “ਇਮੀਗ੍ਰੇਸ਼ਨ ਸਾਡੇ ਅਰਥਚਾਰੇ ਲਈ ਲਾਹੇਵੰਦ ਹੈ ਪਰ ਜਦੋਂ ਬੁਰੇ ਤੱਤ ਪ੍ਰਣਾਲੀ ਦੀ ਦੁਰਵਰਤੋਂ ਕਰਨ ਅਤੇ ਵਿਦਿਆਰਥੀਆਂ ਦਾ ਫਾਇਦਾ ਚੁੱਕਣਗੇ ਤਾਂ ਅਸੀਂ ਕਾਰਵਾਈ ਕਰਾਂਗੇ।”
ਇਸ ਤੋਂ ਇਲਾਵਾ ਟਰੂਡੋ ਨੇ ਇਹ ਵੀ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਅਸਥਾਈ ਨਿਵਾਸੀਆਂ ਦੀ ਗਿਣਤੀ ਨੂੰ ਘਟਾਉਣ ਲਈ ਵਿਦੇਸ਼ੀ ਕਾਮਿਆਂ ਦੇ ਨਿਯਮਾਂ ਨੂੰ ਸਖ਼ਤ ਕਰੇਗੀ। ਉਨ੍ਹਾਂ ਨੇ ਇੱਕ ਹੋਰ ਟਵੀਟ ਵਿੱਚ ਲਿਖਿਆ ਹੈ, “ਅਸੀਂ ਘੱਟ ਤਨਖਾਹ ਵਾਲੇ, ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਨੂੰ ਘਟਾ ਰਹੇ ਹਾਂ ਅਤੇ ਉਨ੍ਹਾਂ ਦੇ ਕੰਮ ਦੀਆਂ ਸ਼ਰਤਾਂ ਦੀ ਮਿਆਦ ਨੂੰ ਘਟਾ ਰਹੇ ਹਾਂ।”
“ਅਸੀਂ ਮਹਾਂਮਾਰੀ ਤੋਂ ਬਾਅਦ ਪ੍ਰੋਗਰਾਮ ਨੂੰ ਵਿਵਸਥਿਤ ਕੀਤਾ, ਪਰ ਲੇਬਰ ਮਾਰਕੀਟ ਬਦਲ ਰਹੀ ਹੈ। ਸਾਨੂੰ ਕੈਨੇਡਾ ਦੇ ਕਾਮਿਆਂ ਵਿੱਚ ਨਿਵੇਸ਼ ਕਰਨ ਲਈ ਕਾਰੋਬਾਰਾਂ ਦੀ ਲੋੜ ਹੈ।”
ਹਰ ਸਾਲ ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀ ਪੜ੍ਹਾਈ ਲਈ ਵਿਦੇਸ਼ ਜਾਂਦੇ ਹਨ। ਭਾਰਤੀ ਵਿਦੇਸ਼ ਮੰਤਰਾਲੇ ਦੇ ਇੱਕ ਤਾਜ਼ਾ ਬਿਆਨ ਮੁਤਾਬਕ ਭਾਰਤ ਤੋਂ ਸਭ ਤੋਂ ਜ਼ਿਆਦਾ ਵਿਦਿਆਰਥੀ ਕੈਨੇਡਾ ਪੜ੍ਹਨ ਜਾਂਦੇ ਹਨ। ਅਜਿਹੇ ‘ਚ ਕੈਨੇਡਾ ਸਰਕਾਰ ਦਾ ਇਹ ਫ਼ੈਸਲਾ ਉਨ੍ਹਾਂ ਵਿਦਿਆਰਥੀਆਂ ਲਈ ਹੋਰ ਮੁਸ਼ਕਿਲਾਂ ਪੈਦਾ ਕਰ ਸਕਦਾ ਹੈ।
ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਸਾਲ 2024 ਵਿੱਚ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ 4,27,000 ਹੈ।
ਦੂਜੇ ਨੰਬਰ ‘ਤੇ ਆਉਂਦਾ ਹੈ ਅਮਰੀਕਾ ਜਿੱਥੇ ਇਸ ਸਾਲ 3,37,630 ਵਿਦਿਆਰਥੀ ਉਚੇਰੀ ਸਿੱਖਿਆ ਲਈ ਗਏ ਹਨ। ਤੀਜੇ ਨੰਬਰ ‘ਤੇ ਆਉਂਦਾ ਹੈ ਯੂਕੇ, ਜਿੱਥੇ 1,85,000 ਵਿਦਿਆਰਥੀ ਪੜ੍ਹਣ ਲਈ ਗਏ ਹਨ। ਚੌਥੇ ਨੰਬਰ ‘ਤੇ 1,22,202 ਵਿਦਿਆਰਥੀਆਂ ਨਾਲ ਆਸਟ੍ਰੇਲੀਆ ਹੈ ਅਤੇ ਪੰਜਵੇ ਨੰਬਰ ‘ਤੇ ਜਰਮਨੀ ਹੈ ਜਿੱਥੇ 42,997 ਵਿਦਿਆਰਥੀ ਗਏ ਸਨ।
ਰਾਜ ਸਭਾ ਵਿੱਚ ਜਾਰੀ ਕੀਤੇ ਗਏ ਇਨ੍ਹਾਂ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਸਾਲ 2019 ਵਿੱਚ 6,75,541 ਵਿਦਿਆਰਥੀ ਵਿਦੇਸ਼ਾਂ ਵਿੱਚ ਪੜ੍ਹਣ ਲਈ ਗਏ ਸਨ ਜਦੋਂ ਕਿ 2024 ਵਿੱਚ 13,35,878 ਵਿਦਿਆਰਥੀ ਹੋਰ ਦੇਸ਼ਾਂ ਪੜ੍ਹਾਈ ਲਈ ਗਏ ਹੈ। ਯਾਨਿ ਤਕਰੀਬਨ ਦੁੱਗਣਾ ਵਾਧਾ ਹੋਇਆ ਹੈ।
ਹਾਲਾਂਕਿ ਮੰਤਰਾਲੇ ਕੋਲ ਸੂਬੇ ਦੇ ਆਧਾਰ ‘ਤੇ ਕੋਈ ਡਾਟਾ ਨਹੀਂ ਹੈ ਕਿ ਕਿਸ ਸੂਬੇ ਤੋਂ ਕਿੰਨੇ ਨੌਜਵਾਨ ਪੜ੍ਹਾਈ ਲਈ ਬਾਹਰੇ ਮੁਲਕਾਂ ਵਿੱਚ ਗਏ ਹਨ।
ਕੌਮਾਂਤਰੀ ਵਿਦਿਆਰਥੀਆਂ ਨੂੰ ਔਸਤ ਕੈਨੇਡੀਅਨ ਵਿਦਿਆਰਥੀ ਨਾਲੋਂ ਤਿੰਨ ਗੁਣਾ ਵੱਧ ਫੀਸ ਅਦਾ ਕਰਨੀ ਪੈਂਦੀ ਹੈ।
ਕੈਨੇਡਾ ਸਰਕਾਰ ਦੀ 2022 ਦੀ ਰਿਪੋਰਟ ਅਨੁਸਾਰ ਕੌਮਾਂਤਰੀ ਵਿਦਿਆਰਥੀਆਂ ਨੇ ਇੱਥੋਂ ਦੀ ਆਰਥਿਕਤਾ ਵਿੱਚ 22 ਅਰਬ ਕੈਨੇਡੀਅਨ ਡਾਲਰ ਦਾ ਯੋਗਦਾਨ ਪਾਇਆ ਹੈ। ਇਸ ਤੋਂ ਇਲਾਵਾ ਲਗਭਗ 2.2 ਲੱਖ ਨਵੀਆਂ ਨੌਕਰੀਆਂ ਪੈਦਾ ਕੀਤੀਆਂ ਹਨ।
ਕੈਨੇਡਾ ਨੇ ਪਹਿਲੇ ਵੀ ਬਦਲੇ ਹਨ ਨਿਯਮ
ਹਾਲਾਂਕਿ, ਅਜਿਹਾ ਪਹਿਲੀ ਵਾਰ ਨਹੀਂ ਹੈ ਜਦੋਂ ਕੈਨੇਡਾ ਨੇ ਆਪਣੇ ਵਿਦਿਆਰਥੀ ਵੀਜ਼ਾ ਨੂੰ ਲੈ ਕੇ ਕੋਈ ਐਲਾਨ ਕੀਤਾ ਹੋਵੇ, ਕੈਨੇਡਾ ਫੀਸਾਂ ਵਧਾਉਣ ਤੋਂ ਲੈ ਕੇ ਨਿਯਮ ਸਖ਼ਤ ਕਰਨ ਨੂੰ ਲੈ ਪਹਿਲਾਂ ਵੀ ਐਲਾਨ ਕਰ ਚੁੱਕਿਆ ਹੈ। ਹਾਲ ਹੀ ਦੇ ਮਹੀਨਿਆਂ ਵਿੱਚ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਸਰਕਾਰ ਨੇ ਕੌਮਾਂਤਰੀ ਵਿਦਿਆਰਥੀ ਵੀਜ਼ਾ ਵਿੱਚ ਤਬਦੀਲੀਆਂ ਦੇ ਨਾਲ-ਨਾਲ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਦੀ ਮਿਆਦ ਵਧਾਉਣ ਤੋਂ ਵੀ ਇਨਕਾਰ ਕੀਤਾ।
ਇਸੇ ਕਾਰਨ ਉੱਥੇ ਬਹੁਤ ਸਾਰੇ ਕੌਮਾਂਤਰੀ ਵਿਦਿਆਰਥੀਆਂ ਉੱਤੇ ਨੂੰ ਉਨ੍ਹਾਂ ਦੇ ਮੁਲਕਾਂ ਵਿੱਚ ਵਾਪਸ ਭੇਜੇ ਜਾਣ ਦੀ ਤਲਵਾਰ ਲਟਕ ਰਹੀ ਹੈ। ਜਿਸ ਨੂੰ ਲੈ ਕੇ ਕਈ ਵਿਦਿਆਰਥੀਆਂ ਨੇ ਪ੍ਰਦਰਸ਼ਨ ਵੀ ਕੀਤਾ ਹੈ। ਵਿਦਿਆਰਥੀਆਂ ਦਾ ਕਹਿਣਾ ਸੀ ਕਿ ਕੈਨੇਡਾ ਵਿੱਚ ਵੀਜ਼ਾਂ ਨਿਯਮਾਂ ਵਿੱਚ ਹੋਏ ਬਦਲਾਅ ਕਾਰਨ ਉਨ੍ਹਾਂ ਦੀ ਪੀਆਰ ਦੀਆਂ ਉਮੀਦਾਂ ‘ਤੇ ਖ਼ਤਰਾ ਮੰਡਰਾ ਰਿਹਾ ਹੈ ਜਿਸ ਕਰਕੇ ਉਹ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹਨ।
ਕੈਨੇਡਾ ਵਿੱਚ ਪੜ੍ਹਾਈ ਤੋਂ ਬਾਅਦ ਕੌਮਾਂਤਰੀ ਵਿਦਿਆਰਥੀਆਂ ਨੂੰ ਤਿੰਨ ਸਾਲ ਦਾ ਵਰਕ ਪਰਮਿਟ ਮਿਲਦਾ ਹੈ, ਇਸ ਦੌਰਾਨ ਵਿਦਿਆਰਥੀ ਪੀਐੱਨਪੀ ਜਾਂ ਫ਼ਿਰ ਫੈਡਰਲ ਸਕੀਮ ਤਹਿਤ ਪੀਆਰ (ਸਥਾਈ ਨਾਗਰਿਕਤਾ) ਲਈ ਅਪਲਾਈ ਕਰ ਦਿੰਦੇ ਸਨ।
ਇਸੇ ਤਰ੍ਹਾਂ, ਕੋਰੋਨਾ ਦੌਰਾਨ ਲੇਬਰ ਮਾਰਕੀਟ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਕੈਨੇਡਾ ਨੇ ਆਰਜ਼ੀ ਤੌਰ ਉੱਤੇ ਵਰਕ ਪਰਮਿਟ ਵਿੱਚ 18 ਮਹੀਨੇ ਦਾ ਵਾਧਾ ਕਰਨ ਦੀ ਨੀਤੀ ਲਾਗੂ ਕੀਤੀ ਸੀ। ਪਰ ਹੁਣ ਪਿਛਲੇ ਸਮੇਂ ਦੌਰਾਨ ਕੈਨੇਡਾ ਸਰਕਾਰ ਨੇ ਇਸ ਨਿਯਮ ਵਿੱਚ ਬਦਲਾਅ ਕਰ ਦਿੱਤੇ ਹਨ।
ਜੀਆਈਸੀ ਵਿੱਚ ਵਾਧਾ
ਇਸੇ ਦੇ ਨਾਲ ਹੀ, ਜੀਆਈਸੀ 10,000 ਡਾਲਰ ਤੋਂ ਵਧਾ ਕੇ 20,635 ਡਾਲਰ ਕਰ ਦਿੱਤੀ ਗਈ ਹੈ।
ਸਟੱਡੀ ਵੀਜ਼ੇ ਉੱਤੇ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਤੋਂ ਉੱਥੇ ਰਹਿਣ ਲਈ ਜੋ ਲਾਗਤ ਲਈ ਜਾਂਦੀ ਹੈ, ਉਸ ਨੂੰ ਜੀਆਈਸੀ ਕਿਹਾ ਜਾਂਦਾ ਹੈ। ਜੀਆਈਸੀ ਸਬੰਧੀ ਨਵੇਂ ਨਿਯਮ 1 ਜਨਵਰੀ 2024 ਤੋਂ ਲਾਗੂ ਹੋ ਗਏ ਹਨ।
ਜੀਆਈਸੀ ਦੇ ਨਾਂ ਤਹਿਤ ਜਮ੍ਹਾ ਹੋਣ ਵਾਲੀ ਰਕਮ ਇਸ ਗੱਲ ਦਾ ਸਬੂਤ ਦੇਣ ਲਈ ਹੁੰਦੀ ਹੈ ਕਿ ਵਿਦਿਆਰਥੀ ਕੋਲ ਕੈਨੇਡਾ ਜਾ ਕੇ ਆਪਣੇ ਰਹਿਣ-ਸਹਿਣ ਦਾ ਖ਼ਰਚਾ ਕਰਨ ਲਈ ਲੋੜੀਂਦੀ ਰਕਮ ਹੈ। ਇਸ ਵਿੱਚ ਟਿਊਸ਼ਨ ਫ਼ੀਸ ਸ਼ਾਮਲ ਹੁੰਦੀ ਹੈ, ਇਹ ਵਿਦਿਆਰਥੀਆਂ ਨੂੰ ਕਿਸ਼ਤਾਂ ਵਿੱਚ ਮੋੜੀ ਜਾਂਦੀ ਹੈ।
ਸਪਾਊਸ ਵੀਜ਼ਾ ਵਿੱਚ ਬਦਲਾਅ
ਇਸੇ ਤਰ੍ਹਾਂ ਕੈਨੇਡਾ ਨੇ ਕਿਹਾ ਹੈ ਕਿ ਉਹ ਹੁਣ ਸਿਰਫ਼ ਉਨ੍ਹਾਂ ਕੌਮਾਂਤਰੀ ਵਿਦਿਆਰਥੀਆਂ ਦੇ ਪਤੀ ਜਾਂ ਪਤਨੀ ਨੂੰ ਹੀ ਵੀਜ਼ਾ ਦੇਵੇਗਾ ਜਿਹੜੇ ਉੱਥੇ ਮਾਸਟਰਜ਼ ਜਾਂ ਡਾਕਟਰੇਟ ਪੱਧਰ ਦੀ ਪੜ੍ਹਾਈ ਕਰਨ ਜਾ ਰਹੇ ਹਨ। ਹੇਠਲੇ ਪੱਧਰ ਦੇ ਕੋਰਸ ਕਰ ਰਹੇ ਵਿਦਿਆਰਥੀ ਸਪਾਊਸ ਵੀਜ਼ੇ ਉੱਪਰ ਆਪਣੇ ਪਤੀ ਜਾਂ ਪਤਨੀ ਨੂੰ ਕੈਨੇਡਾ ਨਹੀਂ ਬੁਲਾ ਸਕਣਗੇ। ਜਦਕਿ ਪਹਿਲਾਂ ਡਿਪਲੋਮਾ ਕੋਰਸ ਕਰਨ ਵਾਲੇ ਕੌਮਾਂਤਰੀ ਵਿਦਿਆਰਥੀ ਵੀ ਆਪਣੇ ਪਤੀ- ਪਤਨੀ ਨੂੰ ਆਪਣੇ ਕੋਲ ਬੁਲਾ ਸਕਦੇ ਸਨ। ਸਪਾਊਸ ਵੀਜ਼ਾ ਇੱਕ ਤਰਾਂ ਦਾ ਡਿਪੈਂਡੇਂਟ ਵੀਜ਼ਾ ਹੈ। ਇਸ ਵੀਜ਼ੇ ਦਾ ਇਸਤੇਮਾਲ ਵਿਦੇਸ਼ਾਂ ਵਿੱਚ ਰਹਿੰਦੇ ਲੋਕ ਆਪਣੇ ਪਰਿਵਾਰ ਨੂੰ ਨਾਲ ਰੱਖਣ ਲਈ ਕੀਤਾ ਜਾਂਦਾ ਹੈ।
ਕੰਮ ਕਰਨ ਦੇ ਘੰਟਿਆਂ ਵਿੱਚ ਕਟੌਤੀ
ਇਸੇ ਸਾਲ ਕੈਨੇਡਾ ਨੇ ਕੌਮਾਂਤਰੀ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕੰਮ ਕਰਨ ਦੀ ਇਜ਼ਾਜਤ ਦਿੰਦੇ ਘੰਟਿਆਂ ਵਿੱਚ ਵੀ ਕਟੌਤੀ ਕੀਤੀ ਹੈ। ਕੈਨੇਡਾ ਸਰਕਾਰ ਦੇ ਮੌਜੂਦਾ ਫ਼ੈਸਲੇ ਮੁਤਾਬਕ ਵਿਦਿਆਰਥੀਆਂ ਨੂੰ ਹਫ਼ਤੇ ਵਿੱਚ 24 ਘੰਟੇ ਤੱਕ ਕੰਮ ਕਰਨ ਦੀ ਇਜਾਜ਼ਤ ਹੈ। ਸਰਕਾਰ ਨੇ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਕੌਮਾਂਤਰੀ ਵਿਦਿਆਰਥੀ ਮੁੱਖ ਤੌਰ ‘ਤੇ ਆਪਣਾ ਧਿਆਨ ਪੜ੍ਹਾਈ ‘ਤੇ ਕੇਂਦਰਿਤ ਕਰਨ ਅਤੇ ਲੋੜ ਪੈਣ ਉੱਤੇ ਹੀ ਕੰਮ ਕਰਨ ਦੇ ਬਦਲ ਉੱਤੇ ਜਾਣ। ਯਾਦ ਰਹੇ ਕਿ ਕੈਨੇਡਾ ਸਰਕਾਰ ਨੇ ਪਹਿਲਾਂ ਪੜ੍ਹਾਈ ਦੌਰਾਨ ਵਿਦਿਆਰਥੀਆਂ ਨੂੰ ਦਿਨ ਦੇ 8 ਘੰਟੇ ਤੱਕ ਕੰਮ ਕਰਨ ਦੀ ਆਗਿਆ ਦੇ ਦਿੱਤੀ ਸੀ ਅਤੇ ਇਹ ਨਿਯਮ 31 ਦਸੰਬਰ 2023 ਤੱਕ ਸੀ।
ਧੰਨਵਾਦ ਸਹਿਤ ਬੀ.ਬੀ.ਸੀ. ਪੰਜਾਬੀ