13 C
Vancouver
Monday, May 25, 2026

ਕੈਨੇਡਾ ’ਚ ਬਹੁ-ਸਭਿਆਚਾਰ ਅਤੇ ਮਨੁੱਖੀ ਅਧਿਕਾਰਾਂ ਦੇ ਨਾਇਕ : ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ

11 ਜਨਵਰੀ : ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼

ਲਿਖਤ : ਡਾ. ਗੁਰਵਿੰਦਰ ਸਿੰਘ
ਸੰਪਰਕ : 604-825-1550
ਕੈਨੇਡਾ ਦੇ ਇਤਿਹਾਸ ਵਿੱਚ ਨਸਲਵਾਦ ਨੂੰ ਜ਼ਬਰਦਸਤ ਚੁਣੌਤੀ ਦੇਣ ਵਾਲੀ ਮਹਾਨ ਸ਼ਖਸੀਅਤ ਭਾਈ ਮੇਵਾ ਸਿੰਘ ਲੋਪੋਕੇ ਦੀ ਗੌਰਵਮਈ ਗਾਥਾ ਤੇ ਸ਼ਾਨਾਮੱਤਾ ਇਤਿਹਾਸ ਪ੍ਰੇਰਨਾਦਾਇਕ ਹੈ। ਇਸ ਸੱਚੀ ਸਾਖੀ ਨੂੰ ਕੈਨੇਡਾ ਦੇ ਬਹੁ-ਸਭਿਆਚਾਰਕ ਢਾਂਚੇ ਦੇ ਮੁੱਢ ਵਜੋਂ ਚੇਤੇ ਕੀਤਾ ਜਾਣਾ ਬਣਦਾ ਹੈ। ਇਹ ਇਤਿਹਾਸਕ ਸੱਚਾਈ ਹੈ ਕਿ ਕੈਨੇਡਾ ਦੀ ਧਰਤੀ ‘ਤੇ ਕਿਸੇ ਸਮੇਂ ਨਸਲਵਾਦ ਦਾ ਖੁੱਲ੍ਹੇਆਮ ਬੋਲਬਾਲਾ ਸੀ, ਭਾਵੇਂ ਅੱਜ ਵੀ ਇਹ ਲੁਕਵੇਂ ਰੂਪ ਵਿੱਚ ਕਿਤੇ ਨਾ ਕਿਤੇ ਮੌਜੂਦ ਹੈ। ਮਨੁੱਖੀ ਹੱਕਾਂ ਦੇ ਯੋਧੇ ਭਾਈ ਮੇਵਾ ਸਿੰਘ ਲੋਪੋਕੇ ਨੇ ਕੈਨੇਡਾ ਨੂੰ ‘ਚਿੱਟੀ ਚਮੜੀ ਵਾਲਿਆਂ ਦਾ ਦੇਸ਼’ ਸਾਬਤ ਕਰਨ ਵਾਲੀਆਂ ਨਸਲਵਾਦੀ ਤਾਕਤਾਂ ਨੂੰ ਸਬਕ ਸਿਖਾਇਆ ਸੀ। ਭਾਈ ਮੇਵਾ ਸਿੰਘ ਵਲੋਂ ਚੁੱਕੇ ਇਨਕਲਾਬੀ ਕਦਮ ਤੋਂ ਬਾਅਦ ਹੀ ਕੈਨੇਡਾ ਵਿੱਚ ਬਹੁ-ਸੱਭਿਆਚਾਰਕ ਢਾਂਚੇ ਦਾ ਅਧਿਆਇ ਲਿਖਿਆ ਗਿਆ ਸੀ। ਕੈਨੇਡਾ ਦੇ ਮੋਢੀ ਜੁਝਾਰੂ ਸਿੱਖਾਂ ‘ਚ ਗਿਣੇ ਜਾਂਦੇ ਭਾਈ ਮੇਵਾ ਸਿੰਘ ਕੈਨੇਡਾ ‘ਚ ਫਾਂਸੀ ਦਾ ਰੱਸਾ ਚੁੰਮਣ ਵਾਲੇ ਪਹਿਲੇ ਸ਼ਹੀਦ ਸਨ। ਭਾਈ ਮੇਵਾ ਸਿੰਘ ਦਾ ਇਤਿਹਾਸ ਜਾਨਣਾ ਇਸ ਕਰਕੇ ਵੀ ਜ਼ਰੂਰੀ ਹੈ, ਕਿਉਂਕਿ ਇਹਨਾਂ ਦੀ ਕੁਰਬਾਨੀ ਹੀ ਅੱਗਿਓ ਅਨੇਕਾਂ ਗਦਰੀ ਯੋਧਿਆਂ ਤੇ ਆਜ਼ਾਦੀ ਘੁਲਾਟੀਆਂ ਲਈ ਪ੍ਰੇਰਨਾ ਦਾ ਕਾਰਨ ਬਣੀ।ਦੁੱਖ ਇਸ ਗੱਲ ਦਾ ਹੈ ਕਿ ਸ਼ਹੀਦ ਭਾਈ ਮੇਵਾ ਸਿੰਘ ਦੀ ਮਹਾਨ ਸ਼ਹਾਦਤ ਦਾ, ਭਾਰਤ ਦੀ ਆਜ਼ਾਦੀ ਦੇ ਸੰਘਰਸ਼ ‘ਚ ਜ਼ਿਕਰ ਨਾਮਾਤਰ ਹੀ ਮਿਲਦਾ ਹੈ।
ਸ਼ਹੀਦ ਭਾਈ ਮੇਵਾ ਸਿੰਘ ਦਾ ਜਨਮ ਪੰਜਾਬ ਦੇ ਅੰਮ੍ਰਿਤਸਰ ਜਿਲ੍ਹੇ ‘ਚ ਪੈਂਦੇ ਪਿੰਡ ਲੋਪੋਕੇ, ਤਹਿਸੀਲ ਅਜਨਾਲਾ ਵਿਖੇ ਸੰਨ 1880 ਨੂੰ ਸ. ਨੰਦ ਸਿੰਘ ਔਲਖ ਦੇ ਘਰ ਹੋਇਆ। ਸਿੱਖੀ ਪਿਛੋਕੜ ਨਾਲ ਸਬੰਧਤ ਪਰਿਵਾਰ ਵਾਲੇ ਮੇਵਾ ਸਿੰਘ 20ਵੀਂ ਸਦੀ ਦੇ ਸ਼ੁਰੂ ‘ਚ ਹੋਰਨਾਂ ਪੰਜਾਬੀਆਂ ਵਾਂਗ ਸੁਨਹਿਰੀ ਭਵਿੱਖ ਸਿਰਜਨ ਲਈ 1906 ਈਂ ਵਿੱਚ ਵੈਨਕੂਵਰ ਆ ਵਸੇ।
ਕੈਨੇਡਾ ਦੀ ਨਸਲਵਾਦੀ ਸਰਕਾਰ ਏਸ਼ੀਆਈ ਲੋਕਾਂ ਖਿਲਾਫ਼ ਕਾਲੇ ਕਾਨੂੰਨ ਬਣਾ ਰਹੀ ਸੀ, ਜਿਸ ਦੀ ਸਭ ਤੋਂ ਘਿਨਾਉਣੀ ਮਿਸਾਲ, 1907 ਵਿੱਚ ਭਾਰਤੀਆਂ ਤੋਂ ਵੋਟ ਦਾ ਹੱਕ ਵਾਪਸ ਲੈਣਾ ਵੀ ਸ਼ਾਮਿਲ ਸੀ। ਭਾਈ ਮੇਵਾ ਭਾਵੇਂ ਕਿਰਤੀ ਵਜੋਂ ਨਿਊ ਵੈਸਟਮਿਨਿਸਟਰ ਦੀ ਫਰੇਜ਼ਰ ਮਿੱਲ ‘ਚ ਕੰਮ ਕਰਦੇ ਸਨ, ਪਰ ਉਨ੍ਹਾਂ ਦਾ ਸੰਪਰਕ ਨਸਲਵਾਦ ਖਿਲਾਫ ਲੜਨ ਵਾਲੇ ਅਤੇ ਮਨੁੱਖੀ ਹੱਕਾਂ ਲਈ ਸੰਘਰਸ਼ ਕਰਨ ਵਾਲੇ ਸਿੱਖ ਆਗੂਆਂ ਨਾਲ ਲਗਾਤਾਰ ਬਣਿਆ ਰਹਿੰਦਾ ਸੀ। ਇੱਥੇ ਇਹ ਵੀ ਸਮਝਣਾ ਜ਼ਰੂਰੀ ਹੈ ਕਿ ਅਜਿਹੇ ਸੱਚੇ -ਸੁੱਚੇ ਮਨੁੱਖਾਂ ਅੰਦਰ ਆਜ਼ਾਦੀ ਦੀ ਚਿਣਗ ਸਿੱਖ ਇਤਿਹਾਸ ਦੇ ਸ਼ਹੀਦੀ ਵਿਰਸੇ ਤੋਂ ਅਵਚੇਤਨ ਮਨ ਵਿਚ ਪਰੋਖ ਰੂਪ ‘ਚ ਪਹਿਲਾਂ ਹੀ ਮੌਜੂਦ ਸੀ। ਕੈਨੇਡਾ ਆ ਕੇ ਉਸ ਨੂੰ ਨਸਲਵਾਦ ਅਤੇ ਵਿਤਕਰਿਆਂ ਦੇ ਮਾਹੌਲ ਨੇ ਹੋਰ ਹਵਾ ਦਿੱਤੀ। ਜੋ ਲੇਖਕ ਇਹ ਸਾਬਤ ਕਰ ਦੀ ਕੋਸ਼ਿਸ਼ ਕਰਦੇ ਹਨ ਕਿ ਗਦਰੀ ਯੋਧਿਆਂ ਅੰਦਰ ਜਾਗ੍ਰਿਤੀ ਕੇਵਲ ਬਾਹਰਲੇ ਮੁਲਕਾਂ ਜਾਂ ਬਾਹਰੀ ਫਲਸਫਿਆਂ ਕਰਕੇ ਆਈ ਸੀ, ਉਹ ਭੁਲੇਖੇ ਅਤੇ ਅਗਿਆਨਤਾ ਦੇ ਸ਼ਿਕਾਰ ਹਨ। ਕੈਨੇਡਾ ਦੀ ਪਹਿਲੀ ਸੰਸਥਾ ਖਾਲਸਾ ਦੀਵਾਨ ਸੁਸਾਇਟੀ, ਵੈਨਕੂਵਰ ਦੇ ਪਹਿਲੇ ਗੁਰਦੁਆਰਾ ਸਾਹਿਬ ਦੀ ਸਥਾਪਨਾ ਵਿੱਚ ਭਾਈ ਮੇਵਾ ਸਿੰਘ ਦੀ ਵਿਸ਼ੇਸ਼ ਭੂਮਿਕਾ ਸੀ। 21 ਜੂਨ 1908 ਨੂੰ ਮੇਵਾ ਸਿੰਘ ਨੇ ਅੰਮ੍ਰਿਤ ਛਕਿਆ ਅਤੇ ਆਪਣਾ ਜੀਵਨ ਜ਼ੁਲਮ ਖਿਲਾਫ਼ ਲੜਨ ਅਤੇ ਸੱਚ ‘ਤੇ ਪਹਿਰਾ ਦੇਣ ਨੂੰ ਸਮਰਪਿਤ ਕੀਤਾ। ਹੱਕ, ਸੱਚ ਅਤੇ ਇਨਸਾਫ਼ ਲਈ ਮਰ-ਮਿੱਟਣ ਦੀ ਭਾਈ ਸਾਹਿਬ ਦੀ ਭਾਵਨਾ ਇਸ ਗੱਲ ਤੋਂ ਹੋਰ ਵੀ ਸਪੱਸ਼ਟ ਹੁੰਦੀ ਹੈ ਕਿ ਅਜੇ ਉਨ੍ਹਾਂ ਵਿਆਹ ਨਹੀਂ ਸੀ ਕਰਾਇਆ, ਜਦੋਂ ਉਹ ਭਰ ਜੁਆਨੀ ‘ਚ ਸ਼ਹੀਦੀ ਪਾ ਗਏ।
ਭਾਈ ਮੇਵਾ ਸਿੰਘ ਦੇ ਜੀਵਨ ‘ਤੇ ‘ਗੁਰੂ ਨਾਨਕ ਜਹਾਜ਼’ ਨੂੰ ਕੈਨੇਡਾ ਤੋਂ ਵਾਪਿਸ ਮੋੜਨ ਦੀ ਘਟਨਾ ਦਾ ਡੂੰਘਾ ਅਸਰ ਸੀ। 23 ਮਈ 1914 ਨੂੰ ਬਾਬਾ ਗੁਰਦਿੱਤ ਸਿੰਘ ਸਰਹਾਲੀ ਦੀ ਅਗਵਾਈ ‘ਚ ‘ਗੁਰੂ ਨਾਨਕ ਜਹਾਜ਼’ ਦੇ ਵੈਨਕੂਵਰ ਪੁੱਜਣ ‘ਤੇ ਕੈਨੇਡਾ ਸਰਕਾਰ ਨੇ ਉਸ ਦੇ ਮੁਸਾਫਿਰਾਂ ਨੂੰ ਕੈਨੇਡਾ ਦਾਖਿਲ ਹੋਣ ਤੋਂ ਰੋਕ ਦਿੱਤਾ। ਭਾਈ ਮੇਵਾ ਸਿੰਘ ਸਮੇਤ ਉੱਤਰੀ ਅਮਰੀਕਾ ‘ਚ ਵਸਦੇ ਸਾਰੇ ਯੋਧਿਆਂ ਅੰਦਰ, ਇਸ ਘਟਨਾ ਨੇ ਰੋਸ ਦੀ ਲਹਿਰ ਪੈਦਾ ਕਰ ਦਿੱਤੀ। 6 ਜੁਲਾਈ,1914 ਨੂੰ ਬੀ.ਸੀ. ਅਪੀਲ ਕੋਰਟ ਨੇ ਜਹਾਜ਼ ਦੇ ਸਵਾਰਾਂ ਖਿਲਾਫ਼ ਫੈਸਲਾ ਸੁਣਾ ਕੇ, ਉਨ੍ਹਾਂ ਨੂੰ ਵਾਪਿਸ ਮੋੜਨ ਦਾ ਗੈਰ-ਮਨੁੱਖੀ ਅਤੇ ਨਸਲਵਾਦੀ ਫੈਸਲਾ ਦਿੱਤਾ। ਅਜਿਹੀ ਸਥਿਤੀ ਵਿੱਚ ਗਦਰੀ ਬਾਬਿਆਂ ਨੇ ਫੈਸਲਾ ਕੀਤਾ ਕਿ ‘ਗੁਰੂ ਨਾਨਕ ਜਹਾਜ਼’ ਦੇ ਵਾਪਿਸ ਜਾਣ ਤੋਂ ਪਹਿਲਾਂ, ਇਸ ਦੇ ਸਵਾਰਾਂ ਰਾਹੀਂ, ਭਾਰਤ ਅੰਦਰ ਗਦਰ ਲਹਿਰ ਦੇ ਸਾਹਿਤ ਤੋਂ ਇਲਾਵਾ ਹਥਿਆਰ ਵੀ ਭੇਜੇ ਜਾਣ ਦਾ ਯਤਨ ਕੀਤਾ ਜਾਵੇ। ਇਸ ਮਕਸਦ ਲਈ ਵੈਨਕੂਵਰ ਦੇ ਆਗੂ ਭਾਈ ਭਾਗ ਸਿੰਘ, ਭਾਈ ਬਲਵੰਤ ਸਿੰਘ, ਭਾਈ ਹਰਨਾਮ ਸਿੰਘ ਕਾਹਰੀ ਸਾਹਰੀ ਸਮੇਤ ਭਾਈ ਮੇਵਾ ਸਿੰਘ ਕੈਨੇਡਾ ਦੀ ਸਰਹੱਦ ਪਾਰ ਕਰਕੇ ਅਮਰੀਕਾ ‘ਚ ਦਾਖਿਲ ਹੋਏ, ਜਿਥੋਂ ਹਥਿਆਰ ਖਰੀਦ ਕੇ ਅਗਲੇ ਦਿਨ ਵਾਪਿਸ ਪਰਤੇ।
ਕੈਨੇਡਾ ਦੇ ਸ਼ਹਿਰ ਐਬਸਫੋਰਡ ‘ਚ ਸੁੂਮਸ ਬਾਰਡਰ ਨੇੜਲੀਆਂ ਝਾੜੀਆਂ ਰਾਹੀਂ ਦਾਖਿਲ ਹੁੰਦਿਆਂ, ਭਾਈ ਮੇਵਾ ਸਿੰਘ ਵੀ ਬਾਕੀ ਗਦਰੀ ਆਗੂਆਂ ਸਮੇਤ ਹਥਿਆਰਾਂ ਸਣੇ ਗ੍ਰਿਫ਼ਤਾਰ ਕਰ ਲਏ ਗਏ। ਬ੍ਰਿਟਿਸ਼ ਹਿੰਦੁਸਤਾਨੀ ਸਰਕਾਰ ਦੇ ਸੂਹੀਏ ਵਿਲੀਅਮ ਹਾਪਕਿਨਸਨ ਅਤੇ ਇੰਮੀਗ੍ਰੇਸ਼ਨ ਅਧਿਕਾਰੀ ਮੈਕਲਮ ਹੀਡ ਨੇ, ਭਾਈ ਮੇਵਾ ਸਿੰਘ ਲੋਪੋਕੇ ਨੂੰ ਕਈ ਤਰ੍ਹਾਂ ਦੀ ਸਜ਼ਾ ਦੇ ਡਰਾਵੇ ਤੇ ਰਿਹਾਈ ਦੇ ਲਾਲਚ ਦੇ ਕੇ, ਹੋਰਨਾਂ ਗਦਰੀ ਯੋਧਿਆਂ ਖਿਲਾਫ਼ ਬਿਆਨ ਦੇਣ ਲਈ ਧਮਕਾਇਆ, ਪਰ ਭਾਈ ਮੇਵਾ ਸਿੰਘ ਨੇ ਝੂਠੀ ਗਵਾਹੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਮਗਰੋਂ 7 ਅਗਸਤ 1914 ਨੂੰ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਇਸ ਦੌਰਾਨ ਹੀ 23 ਜੁਲਾਈ 1914 ਨੂੰ ‘ਗੁਰੂ ਨਾਨਕ ਜਹਾਜ਼’ ਵੈਨਕੂਵਰ ਦੀ ਬੰਦਰਗਾਹ ਤੋਂ ਮੋੜ ਦਿੱਤਾ ਗਿਆ ਸੀ, ਜਿਸ ਕਰਕੇ ਗਦਰੀ ਯੋਧਿਆਂ ਅੰਦਰ ਬ੍ਰਿਟਿਸ਼ ਸਾਮਰਾਜ ਖਿਲਾਫ਼ ਵਿਰੋਧ ਸਿਖਰਾਂ ‘ਤੇ ਪਹੁੰਚ ਗਿਆ।
ਪਹਿਲਾ ਵਿਸ਼ਵ ਯੁੱਧ ਸ਼ੁਰੂ ਹੁੰਦਿਆਂ ਸਾਰ ਕੈਨੇਡਾ ਤੇ ਅਮਰੀਕਾ ਦੇ ਬਹੁਤ ਸਾਰੇ ਗਦਰੀ ਬਾਬੇ, ਭਾਰਤ ਨੂੰ ਆਜ਼ਾਦ ਕਰਾਉਣ ਲਈ ਰਵਾਨਾ ਹੋਣ ਲੱਗੇ, ਤਾਂ ਸਰਕਾਰੀ ਪਿੱਠੂ ਤੇ ਕੌਮੀ ਗੱਦਾਰ ਬੇਲਾ ਜਿਆਣ ਨੇ ਹਿੰਦੁਸਤਾਨੀ ਬ੍ਰਿਟਿਸ਼ ਸਰਕਾਰ ਦੀ ਏਜੰਟ ਹਾਪਕਿਨਸਨ ਦੀ ਸ਼ਹਿ ‘ਤੇ ਵਹਿਸ਼ੀਆਨਾ ਕਾਰਵਾਈ ਕਰਦਿਆਂ, 5 ਸਤੰਬਰ 1914 ਨੂੰ ਵੈਨਕੂਵਰ ਦੇ ਗੁਰਦੁਆਰਾ ਸਾਹਿਬ ਵਿਖੇ ਗੋਲੀਆਂ ਚਲਾ ਦਿੱਤੀਆਂ। ਦੀਵਾਨ ਹਾਲ ਅੰਦਰ ਸੁਸਾਇਟੀ ਦੇ ਪ੍ਰਧਾਨ ਭਾਈ ਭਾਗ ਸਿੰਘ ਪਿੰਡ ਭਿਖੀਵਿੰਡ ਅਤੇ ਭਾਈ ਬਤਨ ਸਿੰਘ ਪਿੰਡ ਦਲੇਲ ਸਿੰਘ ਵਾਲਾ ਸ਼ਹੀਦੀਆਂ ਪਾ ਗਏ। ਗੁਰਦੁਆਰੇ ਅੰਦਰ ਮੌਜੂਦ ਸੰਗਤ ਵਿਚੋਂ ਕਈ ਹੋਰ ਵਿਅਕਤੀ ਜ਼ਖਮੀ ਵੀ ਹੋਏ, ਜਿੰਨਾ ਵਿੱਚ ਭਾਈ ਦਲੀਪ ਸਿੰਘ ਫਾਲਾ, ਭਾਈ ਉੱਤਮ ਸਿੰਘ ਨੂਰਪੁਰੀ, ਭਾਈ ਲਾਭ ਸਿੰਘ ਤੇ ਭਾਈ ਜਵਾਲਾ ਸਿੰਘ ਸ਼ੇਖ ਦੌਲਤ ਆਦਿ ਦਰਜਨ ਤੋਂ ਵੱਧ ਵਿਅਕਤੀ ਸ਼ਾਮਿਲ ਸਨ।
ਇਹ ਘਟਨਾ ਕੈਨੇਡਾ ਦੇ ਸਿੱਖ ਇਤਿਹਾਸ ਦਾ ਸਭ ਤੋਂ ਦਰਦਨਾਕ ਪੰਨਾ ਸੀ, ਜਦੋਂ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਸਿੱਖ ਆਗੂਆਂ ਨੂੰ ਸ਼ਹੀਦ ਕੀਤਾ ਗਿਆ ਹੋਵੇ। ਨੌਜਵਾਨ ਭਾਈ ਮੇਵਾ ਸਿੰਘ ਉਸ ਵੇਲੇ ਸੰਗਤਾਂ ਵਿੱਚ ਮੌਜੂਦ ਸਨ, ਜਿਨ੍ਹਾਂ ਦੇ ਹਿਰਦੇ ਨੂੰ ਇਸ ਘਟਨਾ ਨੇ ਵਲੂੰਧਰ ਦਿੱਤਾ। ਭਾਈ ਮੇਵਾ ਸਿੰਘ ਲੋਪੋਕੇ ਦੀ ਨਜ਼ਰ ‘ਚ ਇਸ ਦੁਖਾਂਤ ਲਈ ਹਾਪਕਿਨਸਨ ਤੇ ਰੀਡ ਮੁੱਖ ਦੋਸ਼ੀ ਸਨ, ਜਿਨ੍ਹਾਂ ਵਲੋਂ ਇਹ ਸਾਰਾ ਕਾਰਾ ਕਰਵਾਇਆ ਗਿਆ। 21 ਅਕਤੂਬਰ 1914 ਦੇ ਦਿਨ ਜਦੋਂ ਹਿੰਦੁਸਤਾਨੀ ਅੰਗਰੇਜ਼ ਸਰਕਾਰ ਦੇ ਝੋਲੀ ਚੁੱਕ ਗ਼ੱਦਾਰ ਬੇਲਾ ਜਿਆਣ ਖਿਲਾਫ਼, ਵੈਨਕੂਵਰ ਦੀ ਸੂਬਾਈ ਅਦਾਲਤ ਵਿੱਚ, ਗੁਰਦੁਆਰੇ ਅੰਦਰ ਗੋਲੀ ਚਲਾ ਕੇ ਦੋ ਸਿੰਘਾਂ ਨੂੰ ਸ਼ਹੀਦ ਕਰਨ ਦਾ ਮੁਕੱਦਮਾ ਚੱਲ ਰਿਹਾ ਸੀ, ਤਾਂ ਵਿਲੀਅਮ ਹਾਪਕਿਨਸਨ ਗਵਾਹੀ ਦੇਣ ਲਈ ਅਦਾਲਤ ਵਿੱਚ ਪੁੱਜਿਆ। ਅਜੇ ਹਾਪਕਿਨਸਨ ਬਰਾਂਡੇ ਵਿੱਚ ਹੀ ਸੀ, ਜਦੋਂ ਭਾਈ ਮੇਵਾ ਸਿੰਘ ਨੇ ਉਸ ਨੂੰ ਦਬੋਚ ਲਿਆ ਤੇ ਆਪਣੇ ਰਿਵਾਲਵਰ ਦੋਹਾਂ ਹੱਥਾਂ ‘ਚ ਵਾਰੀ-ਵਾਰੀ ਲੈ ਕੇ, ਗੋਲੀਆਂ ਦਾਗ਼ ਦਿੱਤੀਆਂ। ਹਿੰਦ ਸਰਕਾਰ ਦਾ ਸੂਹੀਆ ਵਿਲੀਅਮ ਚਾਰਲਸ ਹਾਪਕਿਨਸਨ ਮੌਕੇ ‘ਤੇ ਹੀ ਮਾਰਿਆ ਗਿਆ ਤੇ ਭਾਈ ਸਾਹਿਬ ਨੇ ਖ਼ੁਦ ਨੂੰ ਹਥਿਆਰਾਂ ਸਮੇਤ ਪੁਲਿਸ ਹਵਾਲੇ ਕਰ ਦਿੱਤਾ। ਹਿੰਦੁਸਤਾਨ, ਬਰਤਾਨੀਆ ਅਤੇ ਡੋਮੇਨੀਅਨ ਕੈਨੇਡੀਅਨ ਹਕੂਮਤਾਂ ਦਾ ਤੀਹਰਾ ਏਜੰਟ ਵਿਲੀਅਮ ਹਾਪਕਿਨਸਨ ਸਾਰਿਆਂ ਲਈ ‘ਮਹੱਤਵਪੂਰਨ’ ਸੀ ਅਤੇ ਉਸ ਨੂੰ ਦਫਨਾਉਣ ਸਮੇਂ 2000 ਦੇ ਕਰੀਬ ਪੁਲਿਸ ਕਰਮਚਾਰੀ, ਫਾਇਰਮੈਨ, ਇਮੀਗ੍ਰੇਸ਼ਨ ਅਤੇ ਕਸਟਮ ਅਧਿਕਾਰੀ ਸ਼ਾਮਿਲ ਹੋਏ ਤੇ ਵੱਡਾ ਮਾਰਚ ਕੀਤਾ ਗਿਆ। 30 ਅਕਤੂਬਰ 1914 ਨੂੰ ਭਾਈ ਮੇਵਾ ਸਿੰਘ ਤੇ ਮੁਕੱਦਮੇ ਦੀ ਸੁਣਵਾਈ ਲਈ, ਬੀ.ਸੀ. ਸੁਪਰੀਮ ਕੋਰਟ ਦੇ ਜੱਜ ਮਿਸਟਰ ਆਈਲੇ ਮੌਰੀਸਨ ਵਲੋਂ 12 ਮੈਂਬਰੀ ਜਿਊਰੀ ਚੁਣੀ ਗਈ। ਭਾਈ ਸਾਹਿਬ ਦੇ ਵਕੀਲ ਮਿਸਟਰ ਵੁੱਡ ਅਤੇ ਸਰਕਾਰੀ ਵਕੀਲ ਮਿਸਟਰ ਟੇਲਰ ਸਨ। ਅਦਾਲਤ ‘ਚ ਇੱਕ ਹਜ਼ਾਰ ਦੇ ਕਰੀਬ ਲੋਕ ਹਾਜ਼ਰ ਸਨ, ਜਿੰਨਾਂ ‘ਚੋਂ ਚਾਰ ਕੁ ਹੀ ਭਾਰਤੀ ਸਨ।
ਭਾਈ ਮੇਵਾ ਸਿੰਘ ਨੇ ਬੀ.ਸੀ. ਸੁਪਰੀਮ ਕੋਰਟ ‘ਚ ਜੋ ਬਿਆਨ ਦਿੱਤੇ, ਉਹ ਬਹਾਦਰੀ ਨੇ ਨਿਡੱਰਤਾ ਪੱਖੋਂ ਖਾਸ ਅਹਿਮੀਅਤ ਰੱਖਦੇ ਸਨ। ਅਦਾਲਤ ਵਿਚ ਅਨੁਵਾਦਕ ਡਾਲਟਨ ਵਲੋਂ, ਭਾਈ ਸਾਹਿਬ ਦੇ ਬਿਆਨ ਜੱਜ ਅੱਗੇ ਰੱਖੇ ਗਏ : ‘’ਮੇਰਾ ਨਾਂ ਮੇਵਾ ਸਿੰਘ ਹੈ, ਮੈਂ ਰੱਬ ਤੋਂ ਡਰਨ ਵਾਲਾ ਬੰਦਾ ਹਾਂ, ਜੋ ਹਰ ਰੋਜ਼ ਅਰਦਾਸ ਕਰਦਾ ਹਾਂ। ਮੇਰੀ ਜ਼ਬਾਨ ਵਿੱਚ ਐਸੇ ਸ਼ਬਦ ਨਹੀਂ, ਜੋ ਬਿਆਨ ਕਰ ਸਕਣ ਕਿ ਵੈਨਕੂਵਰ ਵਿੱਚ ਮੈਨੂੰ ਕਿਹੜੇ-ਕਿਹੜੇ ਦੁੱਖ, ਮੁਸੀਬਤਾਂ ਅਤੇ ਪ੍ਰੇਸ਼ਾਨੀਆਂ ਝੱਲਣੀਆਂ ਪਈਆਂ ਹਨ… ਅਸੀਂ ਸਿੱਖ ਗੁਰਦੁਆਰੇ ‘ਚ ਅਰਦਾਸ ਕਰਨ ਜਾਂਦੇ ਹਾਂ, ਪਰ ਇਨ੍ਹਾਂ ਪਾਪੀਆਂ ਨੇ ਗੁਰੁਦਆਰੇ ‘ਚ ਗੋਲੀ ਚਲਾਕੇ ਅਤੇ ਭਾਈ ਭਾਗ ਸਿੰਘ ਦਾ ਕਤਲ ਕਰਕੇ, ਗੁਰਦੁਆਰੇ ਦੀ ਪਵਿੱਤਰਤਾ ਭੰਗ ਕੀਤੀ ਹੈ। ਇਨ੍ਹਾਂ ਪਾਪੀਆਂ ਨੇ ਦੋ ਮਾਸੂਮ ਬੱਚਿਆਂ ਨੂੰ ਯਤੀਮ ਬਣਾਇਆ ਹੈ। ਦੁਸ਼ਟਾਂ ਵਲੋਂ ਗੁਰਦੁਆਰੇ ‘ਚ ਕੀਤੇ ਇਨ੍ਹਾਂ ਕਾਰਿਆਂ ਨੇ ਮੇਰੇ ਸੀਨੇ ‘ਚ ਅੱਗ ਲਾ ਦਿੱਤੀ ਹੈ।
‘’ਮੈਂ ਆਪਣੇ ਭਾਈਚਾਰੇ ਅਤੇ ਆਪਣੇ ਧਰਮ ਦੀ ਅਣਖ ਅਤੇ ਇੱਜ਼ਤ ਲਈ, ਹਾਪਕਿਨਸਨ ਦਾ ਕਤਲ ਕੀਤਾ ਹੈ। ਮੈਂ ਇਹ ਸਭ ਕੁਝ ਬਰਦਾਸ਼ਤ ਨਹੀਂ ਸੀ ਕਰ ਸਕਦਾ। ਜੱਜ ਸਾਹਿਬ, ਜੇ ਇਹ ਸਭ ਕੁਝ ਤੁਹਾਡੇ ਚਰਚ ਵਿੱਚ ਹੋਇਆ ਹੁੰਦਾ, ਤਾਂ ਤੁਸੀਂ ਈਸਾਈਆਂ ਨੇ ਵੀ ਬਰਦਾਸ਼ਤ ਨਹੀਂ ਸੀ ਕਰਨਾ, ਕਿਉਂਕਿ ਅਜਿਹਾ ਕਰਨ ਨਾਲ ਤੁਸੀਂ ਆਪਣੇ ਆਪ ਨੂੰ ਮੁਰਦਾ ਕੌਮ ਸਮਝਣਾ ਸੀ। ਕਿਸੇ ਸਿੱਖ ਲਈ ਵੀ ਗੁਰਦੁਆਰੇ ‘ਚ ਇਹ ਸਭ ਕੁਝ ਹੁੰਦਾ ਵੇਖਣ ਨਾਲੋਂ ਮਰ ਜਾਣਾ ਚੰਗਾ ਹੈ। ਮੈਨੂੰ ਕਿਸੇ ਇਨਸਾਫ਼ ਦੀ ਆਸ ਨਹੀਂ। ਮੈਨੂੰ ਪਤਾ ਹੈ ਕਿ ਮੈ ਹਾਪਕਿਨਸਨ ਨੂੰ ਗੋਲ਼ੀ ਮਾਰੀ ਹੈ ਅਤੇ ਇਸ ਵਾਸਤੇ ਮੈਨੂੰ ਮਰਨਾ ਪਵੇਗਾ। ਮੈ ਇਹ ਬਿਆਨ ਇਸ ਕਰਕੇ ਦੇ ਰਿਹਾ ਹਾਂ, ਤਾਂ ਜੋ ਲੋਕਾਂ ਨੂੰ ਪਤਾ ਲੱਗ ਸਕੇ ਕਿ ਸਾਡੇ ਨਾਲ ਕੀ ਵਰਤਾਉ ਹੁੰਦਾ ਰਿਹਾ ਹੈ। ਸਾਨੂੰ ਜੱਜਾਂ ਕੋਲੋਂ, ਪੁਲਿਸ ਕੋਲੋਂ ਜਾਂ ਕਿਸੇ ਹੋਰ ਕੋਲੋਂ ਕਦੀ ਇਨਸਾਫ਼ ਨਹੀਂ ਮਿਲਿਆ ਅਤੇ ਮੈਂ ਆਪਣੀ ਜਾਨ ਇਸੇ ਕਰਕੇ ਦੇ ਰਿਹਾ ਹਾਂ, ਤਾਂ ਜੋ ਲੋਕਾਂ ਨੂੰ ਇਸ ਗੱਲ ਦਾ ਪਤਾ ਲੱਗ ਸਕੇ…।’’ ਭਾਈ ਮੇਵਾ ਸਿੰਘ ਦਾ ਵੈਨਕੂਵਰ ਦੀ ਅਦਾਲਤ ਵਿੱਚ ਦਿੱਤਾ ਬਿਆਨ ਇਤਿਹਾਸਕ ਦਸਤਾਵੇਜ਼ ਹੈ, ਜਿਸ ‘ਚ ਉਨ੍ਹਾਂ ਪ੍ਰਵਾਸੀਆਂ ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਹੁੰਦੇ ਵਰਤਾਉ ਦੀ ਦਿਲਕੰਬਾਊ ਤਸਵੀਰ ਪੇਸ਼ ਕੀਤੀ ਹੈ। ਨਸਲਵਾਦੀ ਹਾਪਕਿਨਸਨ ਦੇ ਕਤਲ ਦੀ ਜ਼ਿੰਮੇਵਾਰੀ
ਭਾਈ ਮੇਵਾ ਸਿੰਘ ਵਲੋਂ ਕਬੂਲਣ ਮਗਰੋਂ, ਅਦਾਲਤ ਨੇ ਸਿਰਫ਼ ਇੱਕ ਘੰਟਾ ਚਾਲੀ ਮਿੰਟ ‘ਚ ਫੈਸਲਾ ਕਰਦਿਆਂ, ਭਾਈ ਸਾਹਿਬ ਲਈ ਸਜ਼ਾ-ਏ-ਮੌਤ ਸੁਣਾ ਦਿੱਤੀ।11 ਜਨਵਰੀ 1915 ਈ. ਨੂੰ ਨਿਊਵੈਸਟ ਮਿਨਿਸਟਰ ਦੀ ਪ੍ਰੋਵਿੰਸ਼ਿਅਲ ਜੇਲ੍ਹ ਵਿੱਚ ਭਾਈ ਮੇਵਾ ਸਿੰਘ ਗੁਰਬਾਣੀ ਦਾ ਸ਼ਬਦ ‘’ਹਰਿ ਜਗੁ ਰੇ ਮਨਾ ਗਾਇ ਲੈ ਜੋ ਸੰਗੀ ਹੈ ਤੋਰੋ’’ ਗਾਇਨ ਕਰਦਿਆਂ, ਹੱਸਦੇ-ਹੱਸਦੇ ਫਾਂਸੀ ਚੜ੍ਹ ਗਏ। ਜੇਲ੍ਹ ਬਾਹਰ ਚਾਰ ਸੌ ਦੇ ਕਰੀਬ ਲੋਕ ਵੈਰਾਗ ‘ਚ ‘ਸ਼ਹੀਦ ਮੇਵਾ ਸਿੰਘ ਅਮਰ ਰਹੇ’ ਦੇ ਨਾਅਰੇ ਲਾ ਕੇ, ਧਰਮੀ ਯੋਧੇ ਦੀ ‘ਜੈ ਜੈ ਕਾਰ’ ਕਰ ਰਹੇ ਸਨ।
ਭਾਈ ਮੇਵਾ ਸਿੰਘ ਲੋਪੋਕੇ ਦੇ ਇਤਿਹਾਸ ਅਤੇ ਸ਼ਹਾਦਤ ਦੀ ਅਹਿਮੀਅਤ ਨੂੰ ਸਮਝਦਿਆਂ 105 ਸਾਲ ਮਗਰੋਂ, ਨਿਊ ਵੈਸਟਮਿਨਸਟਰ ਸ਼ਹਿਰ ਦੇ (ਸਾਬਕਾ) ਸਿਟੀ ਕੌਂਸਲਰ ਚੱਕ ਪਿੱਕਮਾਇਰ ਨੇ ਕੌਂਸਲ ਵਿਚ 2020 ‘ਚ 11 ਜਨਵਰੀ ਨੂੰ ‘ਸ਼ਹੀਦ ਮੇਵਾ ਸਿੰਘ ਲੋਪੋਕੇ ਦਿਨ’ ਵਜੋਂ ਪ੍ਰੋਕਲੇਮੇਸ਼ਨ ਜਾਰੀ ਕਰਵਾਇਆ। ਇਸ ਸ਼ਹਿਰ ਵਿਚ ਹੀ ਭਾਈ ਸਾਹਿਬ ਨੂੰ ਫਾਂਸੀ ਦਿੱਤੀ ਗਈ ਸੀ। ਕੌਂਸਲਰ ਚੱਕ ਪਕਮਾਇਰ ਨੂੰ ਸ਼ਹੀਦ ਭਾਈ ਮੇਵਾ ਸਿੰਘ ਜੀ ਦੀ ਸ਼ਹਾਦਤ ਦਾ ਐਲਾਨਨਾਮਾ ਜਾਰੀ ਕਰਨ, ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨ ਅਤੇ ਭਾਰਤ ਦੇ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼ ਨਿਭਾਈ ਇਤਿਹਾਸਕ ਭੂਮਿਕਾ ਲਈ ਸਦਾ ਚੇਤੇ ਕੀਤਾ ਜਾਂਦਾ ਰਹੇਗਾ। ਇਸ ਤੋਂ ਇਲਾਵਾ ਬੀਸੀ ਦੀ (ਸਾਬਕਾ) ਸਿੱਖਿਆ ਮੰਤਰੀ ਬੀਬੀ ਰਚਨਾ ਸਿੰਘ ਨੇ ਭਾਈ ਸਾਹਿਬ ਦੇ ਸ਼ਹੀਦੀ ਦਿਹਾੜੇ ‘ਤੇ ਆਪਣੇ ਦਫਤਰ ਵਿੱਚ ਭਾਈ ਮੇਵਾ ਸਿੰਘ ਲੋਪੋਕੇ ਦੀ ਤਸਵੀਰ ਸੁਸ਼ੋਭਿਤ ਕੀਤੀ, ਜਦਕਿ ਜ਼ਿਆਦਾਤਰ ਦੇਸੀ ਸਿਆਸਤਦਾਨ ਅਜੇ ਵੀ ਸ਼ਹੀਦ ਭਾਈ ਮੇਵਾ ਸਿੰਘ ਦਾ ਨਾਂ ਲੈਣ ਤੋਂ ਝਿਜਕਦੇ ਹਨ। ਸੱਚ ਤਾਂ ਇਹ ਹੈ ਕਿ ਕੈਨੇਡਾ ਦੀ ਰਾਜਨੀਤੀ ‘ਚ ਭਾਰਤੀ ਮੂਲ ਦੇ ਸਿਆਸਤਦਾਨਾਂ ; ਸਾਬਕਾ ਪ੍ਰੀਮੀਅਰ ਉੱਜਲ ਦੋਸਾਂਝ ਤੋਂ ਲੈ ਕੇ ਬਹੁਤ ਸਾਰੇ ਐੱਮ.ਐੱਲ.ਏ., ਐੱਮ.ਪੀ. ਤੇ ਮੰਤਰੀ ਤੱਕ, ਰਾਜਸੀ ਸੱਤਾ ਦਾ ਸੁੱਖ ਤਾਂ ਮਾਣਦੇ ਰਹੇ ਹਨ ਤੇ ਮਾਣ ਵੀ ਰਹੇ ਹਨ, ਪਰ ਭਾਈ ਮੇਵਾ ਸਿੰਘ ਲੋਪੋਕੇ ਨੂੰ ‘ਸੱਚਾ ਕੈਨੇਡੀਅਨ ਸਿੱਖ’ ਤੇ ‘ਸ਼ਹੀਦ’ ਮੰਨਣ ਵੇਲੇ ਮੂੰਹ ‘ਚ ਘੁੰਗਣੀਆਂ ਪਾ ਲੈਂਦੇ ਹਨ। ਇਹ ਸਿਰੇ ਦਾ ਅਕ੍ਰਿਤਘਣਤਾ ਹੈ। ਅਜਿਹੇ ਕਾਰਨਾਂ ਕਰਕੇ ਹੀ ਪਿਛਲੇ ਦਿਨੀਂ ਕੈਨੇਡਾ ਦੇ ਅਖ਼ਬਾਰ ‘ਨੈਸ਼ਨਲ ਪੋਸਟ ਅਖ਼ਬਾਰ ਦੀ ਇੱਕ ਵਿਵਾਦਤ ਕਾਲਮ ਨਵੀਸ ਜੇਮੀ ਸਰਕੋਨਾਕ ਨੇ ਭਾਈ ਮੇਵਾ ਸਿੰਘ ਨੂੰ ‘ਬੰਬ ਬਣਾਉਣ ਵਾਲਾ’ ਤੇ ‘ਕੱਟੜਪੰਥੀ ਸਿੱਖ’ ਦੱਸਿਆ। ਅਫਸੋਸ ਇਸ ਗੱਲ ਦਾ ਹੈ ਕਿ ਮਨੁੱਖੀ ਅਧਿਕਾਰ ਜਥੇਬੰਦੀਆਂ ਨੇ ਇਸ ਦਾ ਕੋਈ ਸਖਤ ਨੋਟਿਸ ਨਹੀਂ ਲਿਆ। ਗੁਰੂ ਨਾਨਕ ਜਹਾਜ਼ ਹੈਰੀਟੇਜ ਸੁਸਾਇਟੀ ਅਤੇ ਵਣਜਾਰਾ ਨੋਮੈਡ ਕਲੈਕਸ਼ਨਜ ਵੱਲੋਂ ਇੱਕ ਸੈਮੀਨਾਰ ਕਰਕੇ ਇਸ ਖਿਲਾਫ ਆਵਾਜ਼ ਜਰੂਰ ਉਠਾਈ ਗਈ ਅਤੇ ਚਿੱਠੀਆਂ ਵੀ ਲਿਖੀਆਂ ਗਈਆਂ, ਪਰ ਇਹ ਨਾਚੀਜ਼ ਉਪਰਾਲੇ ਕਾਫੀ ਨਹੀਂ, ਇਸ ਲਈ ਵੱਡੇ ਪੱਧਰ ਤੇ ਯਤਨਾਂ ਦੀ ਲੋੜ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਅਖਬਾਰ ਦਾ ਇਹ ਪ੍ਰਚਾਰ ਪੱਤਰਕਾਰ ਦੇ ਸੱਜੇ ਪੱਖੀ, ਇਮੀਗਰੇਸ਼ਨ ਵਿਰੋਧੀ, ਵਿਤਕਰੇ ਭਰੀ ਸੋਚ ਦਾ ਪ੍ਰਗਟਾਵਾ ਹੈ। ਭਾਈ ਮੇਵਾ ਸਿੰਘ ਅਸਲ ਵਿਚ ਕੈਨੇਡਾ ਦੇ ਬਹੁ-ਸਭਿਆਚਾਰਕ ਢਾਂਚੇ ਦਾ ਰੱਖਿਅਕ ਬਣਿਆ ਸੀ ਤੇ ਨਸਲਵਾਦ ਤੇ ਬਸਤੀਵਾਦ ਦੇ ਉਲਟ ਭੁਗਤਿਆ ਸੀ, ਜਿਸ ਨੇ ਰੰਗ, ਨਸਲ, ਫਿਰਕੇ ਤੋਂ ਉੱਪਰ ਉੱਠ ਕੇ, ਬਰਾਬਰਤਾ ਦਾ ਸੁਨੇਹਾ ਦਿੱਤਾ। ਭਾਈ ਮੇਵਾ ਸਿੰਘ ਲੋਪੋਕੇ ਨੂੰ ਕੈਨੇਡਾ ਦੇ ਸ਼ਹੀਦ ਐਲਾਨੇ ਜਾਣ ਦੀ ਮੰਗ ਕਰਕੇ ਹੀ ਅਜਿਹੀ ਨਸਲਵਾਦੀ ਪ੍ਰਚਾਰ ਦਾ ਸਹੀ ਜਵਾਬ ਦਿੱਤਾ ਜਾ ਸਕਦਾ ਹੈ। ਨਸਲਵਾਦ ਖ਼ਿਲਾਫ਼ ਡਟਣ ਵਾਲ਼ੇ ਭਾਈਚਾਰਿਆਂ ਨੂੰ ਮੰਗ ਕਰਨੀ ਚਾਹੀਦੀ ਹੈ ਕਿ ਭਾਈ ਮੇਵਾ ਸਿੰਘ ਲੋਪੋਕੇ ਨੂੰ ਕੈਨੇਡਾ ਦਾ ਸ਼ਹੀਦ ਐਲਾਨਿਆ ਜਾਵੇ। ਇਤਿਹਾਸ ਨੂੰ ਗੰਭੀਰਤਾ ਨਾਲ ਵਿਚਾਰ ਕੇ, ਫ਼ਖ਼ਰ ਮਹਿਸੂਸ ਕਰੀਏ ਕਿ ਮਹਾਨ ਯੋਧੇ ਭਾਈ ਮੇਵਾ ਸਿੰਘ ਲੋਪੋਕੇ ਨੇ ਸਿਆਸੀ ਉਦੇਸ਼ ਹਿਤ ਕੈਨੇਡੀਅਨ ਬਹੁ-ਸੱਭਿਆਚਾਰ ਨੂੰ ਪ੍ਰਫੁੱਲਤ ਕੀਤਾ ਹੈ। ਸਕੂਲਾਂ ਦੀਆਂ ਕਿਤਾਬਾਂ ਵਿੱਚ ਸ਼ਹੀਦ ਮੇਵਾ ਸਿੰਘ ਦੀ ਕੁਰਬਾਨੀ ਬਾਰੇ ਪੜ੍ਹਾਇਆ ਜਾਵੇ ਤੇ ਉਨ੍ਹਾਂ ਦੀ ਯਾਦਗਾਰ ਸਥਾਪਤ ਕਰਕੇ, ਆਉਣ ਵਾਲੀਆਂ ਪੀੜ੍ਹੀਆਂ ਲਈ ਸੇਧ ਲਈ ਜਾਵੇ। ਬੀਸੀ ਅਸੰਬਲੀ ਬਿਲਡਿੰਗ ਵਿਕਟੋਰੀਆ ਦੇ ਪਿਛਲੇ ਪਾਸੇ ਦੀ ਪਾਰਕ ‘ਚ ਅਜੇ ਵੀ ਹਾਪਕਿਨਸਨ ਦਾ ਨਾਂ ਸ਼ਿਲਾਲੇਖ ਉਪਰ ਅੰਕਿਤ ਹੈ, ਉਸ ਨੂੰ ਤੁਰੰਤ ਹਟਾਇਆ ਜਾਵੇ ਅਤੇ ਬੀਸੀ ਵਿਧਾਨ ਸਭਾ ਦੇ ਅੱਗੇ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਦਾ ਬੁੱਤ ਲਗਾਇਆ ਜਾਵੇ। ਅੱਜ ਲੋੜ ਇਸ ਗੱਲ ਦੀ ਹੈ ਕਿ ਕੈਨੇਡਾ ਦੀਆਂ ਮਨੁੱਖੀ ਅਧਿਕਾਰ ਜਥੇਬੰਦੀਆਂ ਸ਼ਹੀਦ ਮੇਵਾ ਸਿੰਘ ਦੇ ਨਕਸ਼ੇ-ਕਦਮਾਂ ਤੇ ਪਹਿਰਾ ਦੇਣ। ਅੱਜ ਲੋੜ ਅਜਿਹੇ ਆਗੂਆਂ ਦੀ ਹੈ, ਜੋ ਭਾਈ ਮੇਵਾ ਸਿੰਘ ਦੀ ਸੋਚ ਅਨੁਸਾਰ ਮੌਜੂਦਾ ਨਸਲਵਾਦੀ ਅਤੇ ਫਾਸ਼ੀਵਾਦੀ ਤਾਕਤਾਂ ਖ਼ਿਲਾਫ਼ ਡਟਣ। ਸ਼ਹੀਦ ਮੇਵਾ ਸਿੰਘ ਲੋਪੋਕੇ ਦੇ ਵਾਰਿਸਾਂ ਨੂੰ ਤਕੜੇ ਹੋ ਕੇ ਮੈਦਾਨ ਵਿੱਚ ਨਿੱਤਰਨ ਦੀ ਲੋੜ ਹੈ, ਤਾਂ ਕਿ ਨਸਲਵਾਦੀ, ਬਸਤੀਵਾਦੀ ਅਤੇ ਮਨੁੱਖੀ ਹੱਕਾਂ ਨੂੰ ਕੁਚਲਣ ਵਾਲੀਆਂ ਹਕੂਮਤਾਂ ਖਿਲਾਫ਼ ਜੰਗ ਜਾਰੀ ਰੱਖਿਆ ਜਾ ਸਕੇ। ਅਜਿਹੇ ਕਦਮ ਨਸਲਵਾਦ ਦੇ ਮੁਕੰਮਲ ਖਾਤਮੇ ਵਿੱਚ ਸਹਾਈ ਸਿਧ ਹੋਣਗੇ।

ਰੁਝਾਨ ਖਬਰਾਂ