ਭਗਤਾ ਭਾਈਕਾ (ਵੀਰਪਾਲ ਭਗਤਾ): ਸ੍ਰੀ ਗੁਰੂ ਰਵਿਦਾਸ ਭਗਤ ਜੀ ਦੇ 649 ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਗੁਰੂ ਰਵਿਦਾਸ ਸੇਵਾ ਸੁਸਾਇਟੀ ਭਗਤਾ ਭਾਈ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ। ਇਸ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸਮੂਲੀਅਤ ਕੀਤੀ। ਇਸ ਦੌਰਾਨ ਉੱਘੇ ਢਾਡੀ ਬਲਵਿੰਦਰ ਸਿੰਘ ਭਗਤਾ ਦੇ ਜੱਥੇ ਨੇ ਸ੍ਰੀ ਗੁਰੂ ਰਵਿਦਾਸ ਦੀ ਜੀਵਨ ਅਧਾਰਤ ਵਾਰਾਂ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਢਾਡੀ ਬਲਵਿੰਦਰ ਸਿੰਘ ਭਗਤਾ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ ਅਤੇ ਗਰੀਬ ਸਮਾਜ ਦੀ ਬੇਹਤਰੀ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ਲਈ ਗਰੀਬ ਅਤੇ ਲੋੜਵੰਦ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ। ਇਸ ਨਗਰ ਕੀਰਤਨ ਦੇ ਸਵਾਗਤ ਵਿਚ ਵੱਖ ਵੱਖ ਸੰਸਥਾਵਾਂ ਵੱਲੋਂ ਥਾਂ-ਥਾਂ ਤੇ ਪਕੌੜਿਆ, ਪ੍ਰਸਾਦ, ਫਲਾਂ ਆਦਿ ਦੇ ਲੰਗਰ ਲਗਾਏ ਗਏ ਸਨ। ਸੁਸਾਇਟੀ ਦੇ ਪ੍ਰਧਾਨ ਜਸਪਾਲ ਸਿੰਘ ਖਾਲਸਾ ਨੇ ਨਗਰ ਕੀਰਤਨ ਵਿਚ ਸਹਿਯੋਗ ਅਤੇ ਸੇਵਾ ਕਰਨ ਵਾਲੀਆ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ।

