ਵੈਨਕੂਵਰ (ਏਕਜੋਤ ਸਿੰਘ): ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਰੀ ਬੀਸੀ ਦੇ ਪ੍ਰਬੰਧਕਾਂ ਵੱਲੋਂ ਸਮੂਹ ਸਿੱਖ ਸੰਗਤਾਂ ਲਈ ਇੱਕ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪ੍ਰਬੰਧਕਾਂ ਅਨੁਸਾਰ ਗੁਰਦੁਆਰਾ ਸਾਹਿਬ ਸ਼ੁਰੂ ਤੋਂ ਹੀ ਸ੍ਰੀ ਅਕਾਲ ਤਖਤ ਸਾਹਿਬ ਅਤੇ ਸਿੱਖ ਰਹਿਤ ਮਰਿਆਦਾ ਨੂੰ ਪੂਰਨ ਤੌਰ ਤੇ ਸਮਰਪਿਤ ਰਿਹਾ ਹੈ ਅਤੇ ਅਕਾਲ ਤਖਤ ਸਾਹਿਬ ਦੇ ਹਰ ਹੁਕਮ ਨੂੰ ਖਿੜੇ ਮੱਥੇ ਪ੍ਰਵਾਨ ਕਰਦਾ ਹੈ।
ਪਿਛਲੇ ਦਿਨੀਂ ਗੁਰਦੁਆਰਾ ਸਾਹਿਬ ਵੱਲੋਂ ਸਿੱਖ ਸੰਗਤਾਂ ਅਤੇ ਹੋਰ ਗੁਰਦੁਆਰਾ ਸਾਹਿਬਾਨ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਭੇਜਣ ਦੀ ਬੇਨਤੀ ਕੀਤੀ ਗਈ ਸੀ। ਇਸ ਮੰਗ ਨੂੰ ਪੂਰਾ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਨਿਯਮਾਂ ਅਨੁਸਾਰ ਪਾਵਨ ਬੀੜਾਂ ਪੂਰਨ ਅਦਬ ਅਤੇ ਸਤਿਕਾਰ ਸਹਿਤ ਕਮੇਟੀ ਦੀ ਖਾਸ ਬੱਸ ਰਾਹੀਂ ਗੁਰਦੁਆਰਾ ਸਾਹਿਬ ਵਿਖੇ ਪਹੁੰਚਾਈਆਂ ਗਈਆਂ ਹਨ। ਇਹ ਪਾਵਨ ਬੀੜਾਂ ਪੰਜਾਂ ਪਿਆਰਿਆਂ ਦੀ ਯੋਗ ਅਗਵਾਈ ਅਤੇ ਸਿੱਖ ਸੰਗਤਾਂ ਦੇ ਇਕੱਠ ਵਿੱਚ ਪੂਰਨ ਸਤਿਕਾਰ ਸਹਿਤ ਸੁਸ਼ੋਭਿਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਪ੍ਰਬੰਧਕਾਂ ਨੇ ਸੰਗਤਾਂ ਨੂੰ ਚੱਲ ਰਹੀਆਂ ਵੀਡੀਓਜ਼ ਬਾਰੇ ਸੂਚਿਤ ਕੀਤਾ ਹੈ ਜਿਨ੍ਹਾਂ ਵਿੱਚ 2014 ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਕੇਵਲ ਦਿੱਲੀ ਦੇ ਸਿੱਖਾਂ ਨੂੰ ਦਿੱਤੇ ਗਏ ਆਦੇਸ਼ ਨੂੰ ਆਧਾਰ ਬਣਾ ਕੇ ਸੰਗਤਾਂ ਵਿੱਚ ਦੁਬਿਧਾ ਪੈਦਾ ਕੀਤੀ ਜਾ ਰਹੀ ਹੈ। ਪ੍ਰਬੰਧਕਾਂ ਨੇ ਸਪੱਸ਼ਟ ਕੀਤਾ ਕਿ ਬਾਰ ਬਾਰ ਬੇਅਦਬੀ ਸ਼ਬਦ ਵਰਤ ਕੇ ਗੁਰਦੁਆਰਾ ਸਾਹਿਬ ਖਿਲਾਫ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ। ਅੰਤ ਵਿੱਚ ਉਨ੍ਹਾਂ ਸਮੂਹ ਸੰਗਤਾਂ ਨੂੰ ਅਜਿਹੇ ਗਲਤ ਪ੍ਰਚਾਰ ਤੋਂ ਸੁਚੇਤ ਹੋਣ ਦੀ ਅਪੀਲ ਕੀਤੀ ਹੈ।
ਪਾਵਨ ਬੀੜਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਨਿਯਮਾਂ ਅਨੁਸਾਰ ਸਰੀ ਗੁਰਦੁਆਰਾ ਸਾਹਿਬ ਪੁੱਜੀਆਂ

