ਵੈਨਕੂਵਰ (ਏਕਜੋਤ ਸਿੰਘ): ਵੈਨਕੂਵਰ ਪੁਲਿਸ ਵਿਭਾਗ ਨੇ ਸ਼ਹਿਰ ਦੇ ਡਾਊਨਟਾਊਨ ਈਸਟਸਾਈਡ ਖੇਤਰ ਵਿੱਚ ਸਥਿਤ ਕਰੈਬ (CRAB) ਪਾਰਕ ਵਿੱਚ ਇੱਕ ਵਿਅਕਤੀ ਦੀ ਮੌਤ ਤੋਂ ਬਾਅਦ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਅਨੁਸਾਰ ਚਾਲੂ ਸਾਲ ਦੌਰਾਨ ਸ਼ਹਿਰ ਵਿੱਚ ਵਾਪਰਿਆ ਇਹ ਛੇਵਾਂ ਕਤਲ ਕਾਂਡ ਹੈ, ਜਿਸ ਕਾਰਨ ਸਥਾਨਕ ਖੇਤਰ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਪੁਲਿਸ ਨੂੰ ਬੁੱਧਵਾਰ ਤੜਕੇ ਕਰੈਬ ਪਾਰਕ ਵਿੱਚ ਇੱਕ ਵਿਅਕਤੀ ਦੇ ਗੰਭੀਰ ਰੂਪ ਵਿੱਚ ਜ਼ਖ਼ਮੀ ਅਤੇ ਬੇਹੋਸ਼ ਹੋਣ ਦੀ ਸੂਚਨਾ ਮਿਲੀ ਸੀ। ਐਮਰਜੈਂਸੀ ਰਿਸਪਾਂਡਰ ਅਤੇ ਪੈਰਾਮੈਡਿਕਸ ਟੀਮਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਉਸ ਵਿਅਕਤੀ ਨੂੰ ਡਾਕਟਰੀ ਸਹਾਇਤਾ ਦੇਣ ਦੀ ਕੋਸ਼ਿਸ਼ ਕੀਤੀ, ਪਰ ਉਸ ਦੀ ਹਾਲਤ ਇੰਨੀ ਨਾਜ਼ੁਕ ਸੀ ਕਿ ਉਸ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਉਸ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਪੁਲਿਸ ਨੇ ਅਜੇ ਤੱਕ ਮ੍ਰਿਤਕ ਦੀ ਪਛਾਣ ਜਨਤਕ ਨਹੀਂ ਕੀਤੀ ਹੈ ਅਤੇ ਨਾ ਹੀ ਮੌਤ ਦੇ ਕਾਰਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹੁਣ ਤੱਕ ਕਿਸੇ ਵੀ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ। ਫੋਰੈਂਸਿਕ ਮਾਹਿਰਾਂ ਨੇ ਘਟਨਾ ਸਥਾਨ ਤੋਂ ਅਹਿਮ ਸਬੂਤ ਇਕੱਠੇ ਕੀਤੇ ਹਨ। ਵੈਨਕੂਵਰ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਮੰਗਲਵਾਰ ਰਾਤ ਤੋਂ ਲੈ ਕੇ ਬੁੱਧਵਾਰ ਸਵੇਰੇ 7 ਵਜੇ ਤੱਕ ਕਰੈਬ ਪਾਰਕ ਜਾਂ ਇਸ ਦੇ ਆਸ-ਪਾਸ ਦੇ ਖੇਤਰ ਵਿੱਚ ਮੌਜੂਦ ਸੀ ਅਤੇ ਉਸ ਨੇ ਕੋਈ ਸ਼ੱਕੀ ਵਿਅਕਤੀ ਜਾਂ ਘਟਨਾ ਦੇਖੀ ਹੋਵੇ, ਤਾਂ ਉਹ ਤੁਰੰਤ ਜਾਂਚ ਅਧਿਕਾਰੀਆਂ ਨਾਲ ਸੰਪਰਕ ਕਰੇ। ਪੁਲਿਸ ਨੇ ਡੈਸ਼ਕੈਮ ਜਾਂ ਸੀਸੀਟੀਵੀ ਫੁਟੇਜ ਰੱਖਣ ਵਾਲੇ ਵਾਹਨ ਚਾਲਕਾਂ ਨੂੰ ਵੀ ਜਾਂਚ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। This report was written by Ekjot Singh as part of the Local Journalism Initiative.

