Sunday, November 24, 2024
6.5 C
Vancouver

ਐਨ.ਡੀ.ਪੀ. ਆਗੂ ਜਗਮੀਤ ਸਿੰਘ ਵਲੋਂ ਆਰ.ਐਸ.ਐਸ. ‘ਤੇ ਪਾਬੰਦੀ ਲਗਾਉਣ ਦੀ ਮੰਗ

 

ਔਟਵਾ : ਕੈਨੇਡਾ ਵਿੱਚ ਰੌਇਲ ਕੈਨੇਡੀਅਨ ਮਾਊਂਟਿਡ ਪੁਲੀਸ (ਆਰਸੀਐੱਮਪੀ) ਵੱਲੋਂ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਕਥਿਤ ਤੌਰ ‘ਤੇ ਕੁਝ ਭਾਰਤੀ ਕੂਟਨੀਤਕਾਂ ਦੀ ਸ਼ਮੂਲੀਅਤ ਦੇ ਦਾਅਵਿਆਂ ਤੋਂ ਇਕ ਦਿਨ ਮਗਰੋਂ, ਕੈਨੇਡੀਅਨ ਸਿੱਖ ਆਗੂ ਜਗਮੀਤ ਸਿੰਘ ਨੇ ਰਾਸ਼ਟਰੀ ਸਵੈਮਸੇਵਕ ਸੰਘ (ਆਰਐੱਸਐੱਸ) ਅਤੇ ਭਾਰਤੀ ਡਿਪਲੋਮੈਟਾਂ ਖਿਲਾਫ਼ ਸਖ਼ਤ ਪਾਬੰਦੀਆਂ ਲਾਉਣ ਦੀ ਮੰਗ ਕੀਤੀ ਹੈ। ਜਗਮੀਤ ਸਿੰਘ, ਜੋ ਨਿਊ ਡੈਮੋਕਰੈਟਿਕ ਪਾਰਟੀ (ਐੱਨਡੀਪੀ) ਦੇ ਮੁਖੀ ਹਨ, ਨੇ ਕਿਹਾ ਕਿ ਕੈਨੇਡਾ ਨੂੰ ਭਾਰਤੀ ਏਜੰਟਾਂ ਅਤੇ ਰਾਸ਼ਟਰੀ ਸਵੈਮਸੇਵਕ ਸੰਘ ਦੀਆਂ ਸਰਗਰਮੀਆਂ ‘ਤੇ ਕੰਟਰੋਲ ਕਰਨਾ ਚਾਹੀਦਾ ਹੈ।
ਜਗਮੀਤ ਸਿੰਘ ਨੇ ਓਟਵਾ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ, “ਅਸੀਂ ਮੰਗ ਕਰਦੇ ਹਾਂ ਕਿ ਲਿਬਰਲ ਸਰਕਾਰ ਭਾਰਤੀ ਡਿਪਲੋਮੈਟਾਂ ‘ਤੇ ਪਾਬੰਦੀਆਂ ਲਗਾਏ ਅਤੇ ਆਰਐੱਸਐੱਸ ਨੂੰ ਕੈਨੇਡਾ ਵਿੱਚੋਂ ਬਾਹਰ ਕੱਢੇ।” ਉਨ੍ਹਾਂ ਆਰਐੱਸਐੱਸ ਨੂੰ ਹਿੰਸਕ ਅਤੇ ਅਤਿਵਾਦੀ ਜਥੇਬੰਦੀ ਕਹਿੰਦੇ ਹੋਏ ਕਿਹਾ ਕਿ ਇਹ ਸਮੂਹ ਕੈਨੇਡਾ ਤੇ ਹੋਰਨਾਂ ਦੇਸ਼ਾਂ ਵਿੱਚ ਵੀ ਆਪਣੇ ਅਸਰਾਂ ਨੂੰ ਫੈਲਾ ਰਿਹਾ ਹੈ।
ਜਗਮੀਤ ਸਿੰਘ ਨੇ ਆਪਣੇ ਬਿਆਨ ਵਿੱਚ ਅੱਗੇ ਕਿਹਾ ਕਿ ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਕਥਿਤ ਗੁਪਤ ਕਾਰਜਾਂ ਨੂੰ ਲੈ ਕੇ ਗਹਿਰੀ ਚਿੰਤਾ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡੀਅਨ ਲੋਕਾਂ ਦੀ ਸੁਰੱਖਿਆ ਲਈ ਸਖਤ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਭਾਈਚਾਰੇ ਦੇ ਉਤੇ ਵਧਦੇ ਖਤਰੇ ਦੇ ਮੱਦੇਨਜ਼ਰ ਸਰਕਾਰ ਨੂੰ ਇਹ ਸਪੱਸ਼ਟ ਕਰਨ ਦੀ ਲੋੜ ਹੈ ਕਿ ਕਿਵੇਂ ਕੈਨੇਡਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਭਾਰਤੀ ਸਰਗਰਮੀਆਂ ਤੋਂ ਬਚਾਇਆ ਜਾਵੇਗਾ।
ਜਗਮੀਤ ਸਿੰਘ ਨੇ ਕਿਹਾ, “ਅਸੀਂ ਇਸ ਗੱਲ ਦੀ ਜਾਂਚ ਚਾਹੁੰਦੇ ਹਾਂ ਕਿ ਕੈਨੇਡੀਅਨ ਲੋਕਾਂ ਨੂੰ ਖ਼ਤਰੇ ਤੋਂ ਕਿਵੇਂ ਸੁਰੱਖਿਅਤ ਕੀਤਾ ਜਾ ਸਕਦਾ ਹੈ।”